Entertainment & Lifestyle

ਦਿਲਜੀਤ ਦੋਸਾਂਝ ਵੱਲੋਂ ਪਰਵਿੰਦਰ ਸਿੰਘ ਝੋਟਾ ‘ਸ਼ਹੀਦ’ ਕਰਾਰ; ਪਰਿਵਾਰ ਲਈ ਕੀਤੀ ਇਨਸਾਫ ਦੀ ਮੰਗ

By jatinder singh • Punjab Times UK Editorial Desk
ਦਿਲਜੀਤ ਦੋਸਾਂਝ ਵੱਲੋਂ ਪਰਵਿੰਦਰ ਸਿੰਘ ਝੋਟਾ  ‘ਸ਼ਹੀਦ’ ਕਰਾਰ; ਪਰਿਵਾਰ ਲਈ ਕੀਤੀ ਇਨਸਾਫ ਦੀ ਮੰਗ

ਉੱਘੇ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਪਿਛਲੇ ਦਿਨੀਂ ਪੰਜਾਬ ਦੇ ਮਾਨਸਾ ਵਿੱਚ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਨੂੰ 'ਸ਼ਹੀਦ' ਕਰਾਰ ਦਿੱਤਾ ਹੈ ਅਤੇ ਉਨ੍ਹਾਂ ਦੇ ਪਰਿਵਾਰ ਲਈ ਇਨਸਾਫ਼ ਦੀ ਮੰਗ ਕੀਤੀ ਹੈ।

ਦਿਲਜੀਤ ਦੋਸਾਂਝ ਨੇ ਐਤਵਾਰ ਨੂੰ ਆਪਣੇ ਇੰਸਟਾਗ੍ਰਾਮ ਹੈਂਡਲ ਉੱਤੇ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਸਾਂਝੀ ਕੀਤੀ। ਉਨ੍ਹਾਂ ਲਿਖਿਆ, "ਸ਼ਹੀਦ ਪਰਵਿੰਦਰ ਸਿੰਘ। ਦੁੱਖ ਦੀ ਇਸ ਘੜੀ ਵਿੱਚ ਪੂਰਾ ਪੰਜਾਬ ਪਰਿਵਾਰ ਦੇ ਨਾਲ ਹੈ। ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।"

ਕੈਮਿਸਟ ਦੀਆਂ ਦੁਕਾਨਾਂ ਤੋਂ ਨਸ਼ੀਲੇ ਪਦਾਰਥਾਂ ਦੀ ਗ਼ੈਰ-ਕਾਨੂੰਨੀ ਵਿਕਰੀ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਜਾਣੇ ਜਾਂਦੇ ਪਰਵਿੰਦਰ ਸਿੰਘ ਝੋਟਾ ਨੂੰ 13 ਅਕਤੂਬਰ ਨੂੰ ਮਾਨਸਾ ਦੇ ਇੱਕ ਭੀੜ-ਭੜੱਕੇ ਵਾਲੇ ਬਾਜ਼ਾਰ ਵਿੱਚ ਮੈਡੀਕਲ ਸਟੋਰ ਦੇ ਅੰਦਰ ਦਿਨ-ਦਹਾੜੇ ਗੋਲੀਆਂ ਮਾਰ ਦਿੱਤੀਆਂ ਗਈਆਂ ਸਨ।

ਸਟੋਰ ਮਾਲਕ ਅਸ਼ਵਨੀ ਕੁਮਾਰ ਨੇ ਝੋਟਾ ਵੱਲੋਂ ਇੱਕ ਬਜ਼ੁਰਗ ਵਿਅਕਤੀ ਨੂੰ ਨਸ਼ੀਲੀਆਂ ਦਵਾਈਆਂ ਵੇਚਣ ਬਾਰੇ ਸਵਾਲ ਪੁੱਛਣ ’ਤੇ ਉਨ੍ਹਾਂ ਉੱਤੇ ਗੋਲੀਆਂ ਚਲਾ ਦਿੱਤੀਆਂ ਸਨ। ਮੁਲਜ਼ਮ ਨੂੰ ਰਾਜਸਥਾਨ ਦੇ ਸਾਲਾਸਰ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ।

ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪਰਵਿੰਦਰ ਸਿੰਘ ਝੋਟਾ ਫੇਸਬੁੱਕ ਲਾਈਵ ਕਰ ਰਹੇ ਸਨ। ਝੋਟਾ ਦੇ ਕਤਲ ਦੇ ਛੇ ਦਿਨ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਦਾ ਪੋਸਟਮਾਰਟਮ ਅਤੇ ਸਸਕਾਰ ਨਹੀਂ ਹੋ ਸਕਿਆ ਹੈ, ਕਿਉਂਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਹਮਦਰਦ ਮਾਨਸਾ ਵਿੱਚ ਧਰਨੇ ’ਤੇ ਬੈਠੇ ਹਨ ਅਤੇ ਇਨਸਾਫ਼ ਮਿਲਣ ਤੱਕ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰ ਰਹੇ ਹਨ।